Punjab

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਸਮੇਤ ਧੁੱਸੀ ਬੰਨ ਦਾ ਤੂਫ਼ਾਨੀ ਦੌਰਾ

  *ਸੰਭਾਵੀ ਹੜਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ *ਨਾਜ਼ੁਕ ਥਾਵਾਂ ਦੀ ਮਜ਼ਬੂਤੀ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ *ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ *ਪਲਟੂਨ ਪੁਲ ਤੋਂ ਪਾਰ ਟਾਪੂਨੁਮਾ ਪਿੰਡਾਂ ਲਈ ਕੀਤਾ ਜਾਵੇਗਾ ਬੇੜੀ ਦਾ ਪ੍ਰਬੰਧ
By SK.Vyas:
ਕਪੂਰਥਲਾ, 24 ਜੂਨ ,2019  : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਅਧਿਕਾਰੀਆਂ ਨਾਲ ਜ਼ਿਲੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ ਅਤੇ ਸੰਭਾਵੀ ਹੜਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰਾਨ ਉਨਾਂ ਭੁਲੱਥ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨਾਂ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਜਦੋਂ ਤੱਕ ਪੱਕਾ ਪੁਲ ਬਣ ਕੇ ਤਿਆਰ ਨਹੀਂ ਹੋ ਜਾਂਦਾ, ਉਦੋਂ ਤੱਕ ਪਲਟੂਨ ਪੁਲ ਤੋਂ ਪਾਰ ਟਾਪੂਨੁਮਾ ਪਿੰਡਾਂ ਲਈ ਬੇੜੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਮੌਜੂਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐ. ਡੀ. ਆਰ. ਐਫ) ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਹੰਗਾਮੀ ਹਾਲਤ ਮੌਕੇ ਉਹ ਜ਼ਿਲਾ ਪ੍ਰਸ਼ਾਸਨ ਦੇ ਨਾਲ ਖੜੇ ਹਨ।

ਡਿਪਟੀ ਕਮਿਸ਼ਨਰ ਨੇ ਆਪਣਾ ਲੰਬਾ ਦੌਰਾ ਤਹਿਸੀਲ ਭੁਲੱਥ ਤੋਂ ਸ਼ੁਰੂ ਕਰਕੇ ਪਹਿਲਾਂ ਮੰਡ ਕੂਕਾਂ ਅਤੇ ਮੰਡ ਸਰਦਾਰ ਸਾਹਿਬ ਵਾਲਾ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਹੋਰਨਾਂ ਥਾਵਾਂ ਦਾ ਮੁਆਇਨਾ ਕਰਦੇ ਹੋਏ ਉਹ ਵਾਇਆ ਨਡਾਲਾ ਦਰਿਆ ਦੇ ਨਾਲ-ਨਾਲ ਹੁੰਦੇ ਹੋਏ ਤਹਿਸੀਲ ਕਪੂਰਥਲਾ ਦੇ ਪਿੰਡ ਬਾਘੂਵਾਲ ਪੁੱਜੇ, ਜਿਥੇ ਉਨਾਂ ਡਰੇਨੇਜ ਵਿਭਾਗ ਵੱਲੋਂ ਕੀਤੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਹ ਤਹਿਸੀਲ ਸੁਲਤਾਨਪੁਰ ਲੋਧੀ ਦੇ ਦਰਿਆ ਨਾਲ ਲੱਗਦੇ ਪਿੰਡਾਂ ਅੰਮ੍ਰਿਤਪੁਰ, ਬਾਜਾ ਆਦਿ ਦਾ ਨਿਰੀਖਣ ਕਰਦੇ ਹੋਏ ਡੇਰਾ ਹਰੀ ਸਿੰਘ ਪਹੁੰਚੇ, ਜਿਥੇ ਉਨਾਂ ਸਪੱਰਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨਾਂ ਪਲਟੂਨ ਬ੍ਰਿਜ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

  ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੜਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਵੀ ਮਿੱਥੇ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੰਭਾਵੀ ਹੜਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਸਾਲ ਹੜ ਰੋਕੂ ਪ੍ਰਬੰਧਾਂ ਤਹਿਤ ਜ਼ਿਲੇ ਵਿਚ 3.50 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ, ਜਿਨਾਂ ਵਿਚ ਵੇਈਂ ਤੋਂ ਇਲਾਵਾ ਚਾਰ ਡਰੇਨਾਂ ਦੀ ਸਫ਼ਾਈ ਦੇ ਕੰਮ ਵੀ ਸ਼ਾਮਿਲ ਹਨ। ਉਨਾਂ ਮੌਕੇ ‘ਤੇ ਮੌਜੂਦ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਕਿ ਡਾਕਟਰਾਂ ਦੀ ਘਾਟ ਵਾਲੇ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਪਹਿਲਾਂ ਉਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ ਬੱਲ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਏ. ਸੀ. ਪੀ ਭੁਲੱਥ ਨਿਮਰਤ ਕੌਰ, ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਵਿਸ਼ਾਲਜੀਤ ਸਿੰਘ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਤਹਿਸੀਲਦਾਰ ਭੁਲੱਥ ਸ. ਲਖਵਿੰਦਰ ਸਿੰਘ, ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਡਰੇਨੇਜ ਵਿਭਾਗ ਦੇ ਐਕਸੀਅਨ ਸ. ਅਜੀਤ ਸਿੰਘ ਤੇ ਐਸ. ਡੀ. ਓ ਸ੍ਰੀ ਕੰਵਲਜੀਤ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਕੰਵਲਜੀਤ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।