Punjabi Samachar

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਹੋਇਆ ਜ਼ਿਲਾ ਪੱਧਰੀ ਸਮਾਗਮ

ਕਪੂਰਥਲਾ,  6 ਦਸੰਬਰ :ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸਥਾਨਕ ਅੰਬੇਡਕਰ ਭਵਨ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਦਫ਼ਤਰ ਜ਼ਿਲਾ ਭਲਾਈ ਅਫ਼ਸਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਤਰਫੋਂ ਕੈਪਟਨ ਬਲਜੀਤ ਸਿੰਘ ਬਾਜਵਾ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ ਅਤੇ ਉਨਾਂ ਡਾ. ਅੰਬੇਡਕਰ ਦੇ ਬੁੱਤ ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ  ਡਾ. ਅੰਬੇਦਕਰ ਵੱਲੋਂ ਸਮਾਨਤਾ ਆਧਾਰਿਤ ਸਮਾਜ ਸਿਰਜਣ ਦੇ ਸੁਨੇਹੇ ਨੂੰ ਅਸੀਂ ਤਾਂ ਹੀ ਸਾਰਥਕ ਕਰ ਸਕਦੇ ਹਾਂ ਜੇਕਰ ਅਸੀਂ ਉਨਾਂ ਦੀ ਸੋਚ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਈਏ ਅਤੇ ਹਰ ਸ਼ੋਸ਼ਿਤ ਅਤੇ ਕਮਜ਼ੋਰ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੀਏ। ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਾਨੂੰ ਸਰਬੋਤਮ ਸੰਵਿਧਾਨ ਲਿਖ ਕੇ ਦਿੱਤਾ ਹੈ ਅਤੇ ਹੁਣ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਇਸ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਅਤੇ ਫਰਜਾਂ ਨੂੰ ਤਨਦੇਹੀ ਨਾਲ ਮੰਨ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ।
ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ ਨੇ ਇਸ ਮੌਕੇ ਕਿਹਾ ਕਿ ਡਾ. ਅੰਬੇਡਕਰ ਨੇ ਦੱਬੇ-ਕੁਚਲੇ ਲੋਕਾਂ ਅਤੇ ਔਰਤਾਂ ਨੂੰ ਬਰਾਬਰੀ ਅਤੇ ਤਰੱਕੀ ਦੇ ਹੱਕ ਦਿਵਾਏ। ਉਨਾਂ ਕਿਹਾ ਕਿ ਇਹ ਬਾਬਾ ਸਾਹਿਬ ਦੀ ਹੀ ਦੇਣ ਹੈ ਕਿ ਅੱਜ ਸਮਾਜ ਵਿਚ ਨਾਬਰਾਬਰੀ ਦੀ ਕੁਰੀਤੀ ਖਤਮ ਹੋਣ ‘ਤੇ ਆਈ ਹੈ ਅਤੇ ਸਭ ਨੂੰ ਬਰਾਬਰ ਮੌਕੇ ਮਿਲਣ ਲੱਗੇ ਹਨ।
ਕੈਪਟਨ ਬਲਜੀਤ ਸਿੰਘ ਬਾਜਵਾ ਨੇ ਡਾ. ਅੰਬੇਡਕਰ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲੈ ਕੇ ਇਕ ਵਧੀਆ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ। ਇਸ ਦੌਰਾਨ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਵੀ ਡਾ: ਭੀਮ ਰਾਓ ਅੰਬੇਦਕਰ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮਾਨਤਾ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਉਨਾਂ ਨੂੰ ਇਕ ਯੁੱਗ ਪਲਟਾਊ ਇਨਸਾਨ ਦੱਸਿਆ।
ਇਸ ਤੋਂ ਪਹਿਲਾਂ ਜ਼ਿਲਾ ਭਲਾਈ ਅਫ਼ਸਰ ਰਜਿੰਦਰ ਸਿੰਘ ਅਤੇ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਜ਼ਿਲਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੈਡਮ ਨੀਲਮ ਮਹੇ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਏ. ਪੀ. ਆਰ. ਓ ਸ. ਹਰਦੇਵ ਸਿੰਘ ਆਸੀ, ਪ੍ਰਿੰਸੀਪਲ ਬਲਵਿੰਦਰ ਸਿੰਘ ਬੱਟੂ, ਸ੍ਰੀਮਤੀ ਪਰਵੀਨ ਚੰਕਾਰੀਆ, ਮੈਡਮ ਸਤਨਾਮ ਕੌਰ, ਸ. ਸੁਖਰਾਜ ਸਿੰਘ, ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ, ਸ੍ਰੀ ਗੁਰਪ੍ਰੀਤ ਸਿੰਘ ਗੋਪੀ, ਸ੍ਰੀ ਜਗਰੂਪ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਮੈਡਮ ਸੁਨੀਤਾ ਸਿੰਘ ਨੇ ਬਾਖੂਬੀ ਕੀਤਾ।